ਅੰਮ੍ਰਿਤਸਰ : ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ ਸ਼ਨੀਵਾਰ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ । ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ਼ਰਧਾਲੂ ਪ੍ਰੀਤੀ ਜ਼ਿੰਟਾ ਨੂੰ ਦੇਖਣ ਲਈ ਕਾਫ਼ੀ ਉਤਸ਼ਾਹਿਤ ਸਨ। ਕਈਆਂ ਨੇ ਉਨ੍ਹਾਂ ਨਾਲ ਤਸਵੀਰਾਂ ਵੀ ਖਿਚਵਾਈਆਂ।
ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ, ਪ੍ਰੀਤੀ ਜ਼ਿੰਟਾ ਨੇ ਲੰਗਰ ਹਾਲ ਵਿੱਚ ਸੇਵਾ ਵੀ ਕੀਤੀ। ਉਨ੍ਹਾਂ ਨੇ ਸੰਗਤਾਂ ਨੂੰ ਲੰਗਰ ਵਰਤਾਇਆ ਅਤੇ ਸੇਵਾ ਦੀ ਭਾਵਨਾ ਨਾਲ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਮੀਡੀਆ ਨਾਲ ਗੱਲ ਕਰਦਿਆਂ ਪ੍ਰੀਤੀ ਜ਼ਿੰਟਾ ਨੇ ਕਿਹਾ, “ਅਸੀਂ ਇੱਥੇ ਇਸ ਲਈ ਆਏ ਹਾਂ ਕਿਉਂਕਿ ਸਾਨੂੰ ਵਾਹਿਗੁਰੂ ਜੀ ਨੇ ਬੁਲਾਇਆ ਹੈ।”
ਉਨ੍ਹਾਂ ਨੇ ਦੱਸਿਆ ਕਿ ਉਸਦੀ ਕ੍ਰਿਕਟ ਟੀਮ ਦਾ 11 ਤਰੀਕ ਨੂੰ ਇੱਕ ਮਹੱਤਵਪੂਰਨ ਮੈਚ ਹੈ ਅਤੇ ਉਹ ਉਨ੍ਹਾਂ ਦੀ ਜਿੱਤ ਲਈ ਪ੍ਰਾਰਥਨਾ ਕਰਨ ਆਈ ਹੈ। ਉਸਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਵਾਹਿਗੁਰੂ ਦੀ ਕਿਰਪਾ ਨਾਲ, ਉਸਦੀ ਟੀਮ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਸਾਰੇ ਮੈਚ ਜਿੱਤਣ ਦੀ ਕੋਸ਼ਿਸ਼ ਕਰੇਗੀ।
ਇਸ ਦੌਰਾਨ, ਉਨ੍ਹਾਂ ਨੇ ਸ਼੍ਰੇਅਸ ਅਈਅਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਉਸਨੂੰ ਪਿਆਰ ਨਾਲ “ਸਰਪੰਚ” ਕਹਿੰਦੇ ਹਨ, ਜੋ ਕਿ ਟੀਮ ਲਈ ਮਾਣ ਵਾਲੀ ਗੱਲ ਹੈ। ਪ੍ਰੀਤੀ ਜ਼ਿੰਟਾ ਨੇ ਪੰਜਾਬ ਦੇ ਨੌਜਵਾਨਾਂ ਅਤੇ ਕ੍ਰਿਕਟ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਟੀਮ ਨੂੰ ਲੋਕਾਂ ਤੋਂ ਬਹੁਤ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ। ਉਸਨੇ ਕਿਹਾ ਕਿ ਇਹ ਪਿਆਰ ਖਿਡਾਰੀਆਂ ਦੇ ਮਨੋਬਲ ਨੂੰ ਵਧਾਉਂਦਾ ਹੈ ਅਤੇ ਟੀਮ ਦੀ ਸਭ ਤੋਂ ਵੱਡੀ ਤਾਕਤ ਹੈ।
