ਚੰਡੀਗੜ੍ਹ : ਗੈਂਗਸਟਰ ਲਾਰੈਂਸ ਇੰਟਰਵਿਊ ਮਾਮਲੇ ਵਿੱਚ ਮੁਅੱਤਲ ਕੀਤੇ ਗਏ ਬਰਖਾਸਤ DSP ਗੁਰਸ਼ੇਰ ਸਿੰਘ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਸੰਧੂ ਦੀ ਨੌਕਰੀ ਤੋਂ ਬਰਖਾਸਤਗੀ ਨਾਲ ਸਬੰਧਤ ਪੰਜਾਬ ਸਰਕਾਰ ਦੇ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ। ਗੁਰਸ਼ੇਰ ਸਿੰਘ ਸੰਧੂ ਨੂੰ 2 ਜਨਵਰੀ, 2025 ਨੂੰ ਤਤਕਾਲੀ ਗ੍ਰਹਿ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਦੁਆਰਾ ਜਾਰੀ ਹੁਕਮ ਦੇ ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।
ਸਰਕਾਰ ਨੇ ਉਨ੍ਹਾਂ ਖਿਲਾਫ ਕਾਰਵਾਈ ਕਰਦੇ ਹੋਏ ਕਿਹਾ ਸੀ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲਈ ਸਹੂਲਤਾਂ ਪ੍ਰਦਾਨ ਕਰਨ ਨਾਲ ਪੰਜਾਬ ਪੁਲਿਸ ਵਿਭਾਗ ਦੇ ਅਕਸ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ। ਸਰਕਾਰ ਨੇ ਉਨ੍ਹਾਂ ਦੇ ਇਸ ਕੰਮ ਨੂੰ ਡਿਊਟੀ ਵਿੱਚ ਘੋਰ ਅਣਗਹਿਲੀ ਅਤੇ ਘੋਰ ਅਨੁਸ਼ਾਸਨਹੀਣਤਾ ਮੰਨਿਆ ਸੀ।
ਬਰਖਾਸਤਗੀ ਦੇ ਹੁਕਮ ਵਿੱਚ, ਸਰਕਾਰ ਨੇ ਕਿਹਾ ਕਿ ਡੀਐਸਪੀ ਦੀਆਂ ਕਾਰਵਾਈਆਂ ਪੁਲਿਸ ਆਚਰਣ ਨਿਯਮਾਂ ਦੀ ਉਲੰਘਣਾ ਸਨ। ਸਰਕਾਰ ਦੇ ਅਨੁਸਾਰ, ਉਹ ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾਉਣ ਵਿੱਚ ਅਸਫਲ ਰਹੇ ਅਤੇ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਨਾਲ ਸਬੰਧਤ ਮਾਮਲੇ ਵਿੱਚ ਗੰਭੀਰ ਲਾਪਰਵਾਹੀ ਵਰਤੀ। ਇਸ ਆਧਾਰ ‘ਤੇ ਉਨ੍ਹਾਂ ਖਿਲਾਫ ਵਿਭਾਗੀ ਕਾਰਵਾਈ ਕੀਤੀ ਗਈ ਸੀ।
