ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 7 ਮਈ 2026
ਸੋਰਠਿ ਮਹਲਾ ੧ ॥
ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥
ਅਰਥ :- ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀਂ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। ਹੇ ਹਰੀ! ਮੈਨੂੰ (ਕੇਵਲ) ਆਪਣਾ ਨਾਮ ਦੇਹ ਤਾਂ ਜੋ ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ॥੧॥ ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ! ਰਹਾਉ॥ ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਤੇ ਜੀਵ ਨੂੰ ਪ੍ਰਭੂ ਦੀ ਹੋਂਦ, ਧਰਤੀ, ਆਕਾਸ਼ ਤੇ ਪਾਤਾਲ ਵਿਚ ਵਿਖਾ ਦਿੱਤੀ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ॥੨॥ ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ ॥੩॥ ਜਿਨ੍ਹਾਂ ਨੂੰ ਸਤਿਗੁਰੂ ਮਾਇਆ ਦੇ ਬੰਧਨ ਤੋੜ ਕੇ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦੇ। ਹੇ ਨਾਨਕ! ਜਿਨ੍ਹਾਂ ਦੇ ਅੰਦਰ (ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ ॥੪॥੮॥
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ
ਡਿਠੇ ਸਭੇ ਥਾਵ ਨਹੀ ਤੁਧ ਜੇਹਿਆ
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ।।
